ਕੋਈ ਡਾਲੀਆਂ ਚੋਂ ਲੰਘਿਆ ਹਵਾ ਬਣ ਕੇ ।
ਅਸੀਂ ਰਹਿ ਗਏ ਬਿਰਖ ਵਾਲੀ ਹਾ ਬਣ ਕੇ ।
ਪੈੜਾਂ ਤੇਰੀਆਂ ‘ਤੇ ਦੂਰ ਦੂਰ ਤੀਕ ਮੇਰੇ ਪੱਤੇ
ਡਿੱਗੇ ਮੇਰੀਆਂ ਬਹਾਰਾਂ ਦਾ ਗੁਨਾਹ ਬਣ ਕੇ ।
ਪਿਆਂ ਅੰਬੀਆਂ ਨੂੰ ਬੂਰ ਸੀ ਕਿ ਕੋਇਲ ਕੂਕ ਪਈ
ਕਿਸੇ ਜਿੰਦ ਬੀਆਬਾਨ ਦੀ ਗਵਾਹ ਬਣ ਕੇ ।
ਕਦੀ ਬੰਦਿਆਂ ਦੇ ਵਾਂਗੂ ਸਾਨੂੰ ਮਿਲਿਆ ਵੀ ਕਰ
ਐਵੇਂ ਲੰਘ ਜਾਨੈ ਪਾਣੀ ਕਦੇ ਵਾ ਬਣ ਕੇ ।
ਜਦੋਂ ਮਿਲਿਆ ਸੀ ਹਾਣ ਦਾ ਸੀ ਸਾਂਵਰਾ ਜਿਹਾ
ਜਦੋਂ ਜੁਦਾ ਹੋਇਆ ਤੁਰ ਗਿਆ ਖੁਦਾ ਬਣ ਕੇ ।

0 comments:
Post a Comment