,

ਸਭ ਤੋਂ ਖ਼ਤਰਨਾਕ
















ਕਿਰਤ ਦੀ ਲੁੱਟ ਸਭ ਤੋਂ ਖ਼ਤਰਨਾਕ ਨਹੀਂ ਹੁੰਦੀ
ਪੁਲਸ ਦੀ ਕੁੱਟ ਸਭ ਤੋਂ ਖ਼ਤਰਨਾਕ ਨਹੀਂ ਹੁੰਦੀ
ਗੱਦਾਰੀ-ਲੋਭ ਦੀ ਮੁਠ ਸਭ ਤੋਂ ਖ਼ਤਰਨਾਕ ਨਹੀਂ ਹੁੰਦੀ ।

ਬੈਠੇ ਸੁੱਤਿਆਂ ਫੜੇ ਜਾਣਾ - ਬੁਰਾ ਤਾਂ ਹੈ
ਡਰੂ ਜਿਹੀ ਚੁੱਪ ਵਿਚ ਮੜ੍ਹੇ ਜਾਣਾ - ਬੁਰਾ ਤਾਂ ਹੈ
ਸਭ ਤੋਂ ਖ਼ਤਰਨਾਕ ਨਹੀਂ ਹੁੰਦਾ ।

ਕਪਟ ਦੇ ਸ਼ੋਰ ਵਿਚ
ਸਹੀ ਹੁੰਦਿਆਂ ਵੀ ਦਬ ਜਾਣਾ, ਬੁਰਾ ਤਾਂ ਹੈ
ਕਿਸੇ ਜੁਗਨੂੰ ਦੀ ਲੋਅ ਵਿਚ ਪੜ੍ਹਨ ਲੱਗ ਜਾਣਾ - ਬੁਰਾ ਤਾਂ ਹੈ
ਸਭ ਤੋਂ ਖ਼ਤਰਨਾਕ ਨਹੀਂ ਹੁੰਦਾ ।

ਸਭ ਤੋਂ ਖ਼ਤਰਨਾਕ ਹੁੰਦਾ ਹੈ
ਮੁਰਦਾ ਸ਼ਾਂਤੀ ਨਾਲ ਭਰ ਜਾਣਾ,
ਨਾ ਹੋਣਾ ਤੜਪ ਦਾ, ਸਭ ਸਹਿਣ ਕਰ ਜਾਣਾ
ਘਰਾਂ ਤੋਂ ਨਿਕਲਣਾ ਕੰਮ ਤੇ
ਤੇ ਕੰਮ ਤੋਂ ਘਰ ਜਾਣਾ,
ਸਭ ਤੋਂ ਖਤਰਨਾਕ ਹੁੰਦਾ ਹੈ
ਸਾਡੇ ਸੁਪਨਿਆਂ ਦਾ ਮਰ ਜਾਣਾ ।

ਸਭ ਤੋਂ ਖ਼ਤਰਨਾਕ ਉਹ ਘੜੀ ਹੁੰਦੀ ਹੁੰਦੀ ਹੈ
ਤੁਹਾਡੇ ਗੁੱਟ 'ਤੇ ਚਲਦੀ ਹੋਈ ਵੀ ਜੋ
ਤੁਹਾਡੀ ਨਜ਼ਰ ਦੇ ਲਈ ਖੜ੍ਹੀ ਹੁੰਦੀ ਹੈ ।

ਸਭ ਤੋਂ ਖ਼ਤਰਨਾਕ ਓਹ ਅੱਖ ਹੁੰਦੀ ਹੈ
ਜੋ ਸਭ ਦੇਖਦੀ ਹੋਈ ਵੀ ਠੰਡੀ ਯੱਖ਼ ਹੁੰਦੀ ਹੈ
ਜਿਸ ਦੀ ਨਜ਼ਰ ਦੁਨੀਆਂ ਨੂੰ ਮੁਹੱਬਤ ਨਾਲ ਚੁੰਮਣਾ ਭੁੱਲ ਜਾਂਦੀ ਹੈ
ਜੋ ਚੀਜ਼ਾਂ 'ਚੋਂ ਉਠਦੀ ਅੰਨ੍ਹੇਪਣ ਦੀ ਭਾਫ਼ ਉੱਤੇ ਡੁਲ੍ਹ ਜਾਂਦੀ ਹੈ
ਜੋ ਨਿੱਤ ਦਿਸਦੇ ਦੀ ਸਾਧਾਰਣਤਾ ਨੂੰ ਪੀਂਦੀ ਹੋਈ
ਇੱਕ ਮੰਤਕਹੀਣ ਦੁਹਰਾਅ ਦੇ ਗਧੀ-ਘੇੜ ਵਿਚ ਹੀ ਰੁਲ ਜਾਂਦੀ ਹੈ ।

ਸਭ ਤੋਂ ਖ਼ਤਰਨਾਕ ਉਹ ਚੰਨ ਹੁੰਦਾ ਹੈ
ਜੋ ਹਰ ਕਤਲ ਕਾਂਡ ਦੇ ਬਾਅਦ
ਸੁੰਨ ਹੋਏ ਵਿਹੜਿਆਂ ਵਿਚ ਚੜ੍ਹਦਾ ਹੈ
ਪਰ ਤੁਹਾਡੀਆਂ ਅੱਖਾਂ ਨੂੰ ਮਿਰਚਾਂ ਵਾਂਗ ਨਹੀਂ ਲੜਦਾ ਹੈ ।

ਸਭ ਤੋਂ ਖ਼ਤਰਨਾਕ ਉਹ ਗੀਤ ਹੁੰਦਾ ਹੈ
ਤੁਹਾਡੇ ਕੰਨਾਂ ਤੱਕ ਪਹੁੰਚਣ ਲਈ
ਜਿਹੜਾ ਕੀਰਨਾ ਉਲੰਘਦਾ ਹੈ
ਡਰੇ ਹੋਏ ਲੋਕਾਂ ਦੇ ਬਾਰ ਮੂਹਰੇ -
ਜੋ ਵੈਲੀ ਦੀ ਖੰਘ ਖੰਘਦਾ ਹੈ ।

ਸਭ ਤੋਂ ਖ਼ਤਰਨਾਕ ਉਹ ਰਾਤ ਹੁੰਦੀ ਹੈ
ਜੋ ਪੈਂਦੀ ਹੈ ਜੀਉਂਦੀ ਰੂਹ ਦਿਆਂ ਆਕਾਸ਼ਾਂ 'ਤੇ
ਜਿਹਦੇ ਵਿਚ ਸਿਰਫ਼ ਉੱਲੂ ਬੋਲਦੇ ਗਿੱਦੜ ਹਵਾਂਕਦੇ
ਚਿਮਟ ਜਾਂਦੇ ਸਦੀਵੀ ਨੇਰ੍ਹ ਬੰਦ ਬੂਹਿਆਂ ਚੁਗਾਠਾਂ 'ਤੇ

ਸਭ ਤੋਂ ਖ਼ਤਰਨਾਕ ਉਹ ਦਿਸ਼ਾ ਹੁੰਦੀ ਹੈ
ਜਿਹਦੇ ਵਿਚ ਆਤਮਾਂ ਦਾ ਸੂਰਜ ਡੁੱਬ ਜਾਵੇ
ਤੇ ਉਸ ਦੀ ਮਰੀ ਹੋਈ ਧੁੱਪ ਦੀ ਕੋਈ ਛਿਲਤਰ
ਤੁਹਾਡੇ ਜਿਸਮ ਦੇ ਪੂਰਬ 'ਚ ਖੁਭ ਜਾਵੇ ।

ਕਿਰਤ ਦੀ ਲੁੱਟ ਸਭ ਤੋਂ ਖ਼ਤਰਨਾਕ ਨਹੀਂ ਹੁੰਦੀ
ਪੁਲਸ ਦੀ ਕੁੱਟ ਸਭ ਤੋਂ ਖ਼ਤਰਨਾਕ ਨਹੀਂ ਹੁੰਦੀ
ਗੱਦਾਰੀ-ਲੋਭ ਦੀ ਮੁਠ ਸਭ ਤੋਂ ਖ਼ਤਰਨਾਕ ਨਹੀਂ ਹੁੰਦੀ ।

2 comments:

  • navjotpal   May 6, 2012 at 4:56 AM

    krantikari kavi pash dian rachnava kise v punjabi d maansikta nu jhanjodan lyi kafi han..
    paash de jaan nal jo ghata hoea,o koi pura nhi kr skda!

  • fateh singh   June 26, 2012 at 6:00 AM

    pash is rael comunist kavi

Post a Comment